ਚਾਈਨਾ ਡੋਰ ਵੇਚਣ ਅਤੇ ਇਸਤੇਮਾਲ ਕਰਨ ‘ਤੇ ਹੋਵੇਗੀ ਸਖਤ ਕਾਰਵਾਈ: ਡਿਪਟੀ ਕਮਿਸ਼ਨਰ
![](https://vvnewsvaashvara.in/wp-content/uploads/2025/01/1000093789-1024x1024.jpg)
ਚਾਈਨਾ ਡੋਰ ਵੇਚਣ ਅਤੇ ਇਸਤੇਮਾਲ ਕਰਨ ‘ਤੇ ਹੋਵੇਗੀ ਸਖਤ ਕਾਰਵਾਈ: ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਕੀਤੀ ਅਪੀਲ
(ਪੰਜਾਬ)ਫ਼ਿਰੋਜ਼ਪੁਰ, 26 ਜਨਵਰੀ, 2025 {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=
ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉੱਪਰ ਪੂਰੇ ਪੰਜਾਬ ਵਿੱਚ ਪਾਬੰਦੀ ਹੈ, ਕਿਉਂਕਿ ਇਸ ਨਾਲ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਹ ਚਾਈਨਾ ਡੋਰ ਵਾਤਾਵਰਨ ਲਈ ਵੀ ਨੁਕਸਾਨਦਾਇਕ ਹੈ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਵਿਖੇ ਬਸੰਤ ਪੰਚਮੀ ਦੌਰਾਨ ਵੱਡੇ ਪੱਧਰ ’ਤੇ ਪਤੰਗਬਾਜੀ ਕੀਤੀ ਜਾਂਦੀ ਹੈ। ਇਸ ਲਈ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਾਡਾ ਇਨਸਾਨੀਅਤ ਦੇ ਨਾਤੇ ਫਰਜ਼ ਹੈ ਕਿ ਅਸੀਂ ਅਜਿਹੀ ਕਿਸੇ ਵੀ ਚੀਜ਼ ਦੀ ਵਰਤੋਂ ਤੋਂ ਗੁਰੇਜ਼ ਕਰੀਏ ਜੋ ਕਿਸੇ ਮਨੁੱਖ, ਪਸ਼ੂ-ਪੰਛੀ ਅਤੇ ਵਾਤਾਵਰਣ ਲਈ ਘਾਤਕ ਹੋਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚਾਈਨਾ ਡੋਰ ਖਰੀਦਣ ‘ਤੇ ਕੜੀ ਨਿਗਰਾਨੀ ਰੱਖਣ ਲਈ ਜਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਖਾਸ ਤੌਰ ‘ਤੇ ਡਿਊਟੀ ਲਗਾਈ ਗਈ ਹੈ, ਤਾਂ ਜੋ ਚਾਈਨਾ ਡੋਰ ਦੇ ਇਸਤੇਮਾਲ/ਵੇਚਣ ਅਤੇ ਖਰੀਦਣ ਨੂੰ ਰੋਕਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਚਾਈਨਾ ਡੋਰ ਵੇਚਣ, ਖ਼ਰੀਦਣ ਤੇ ਸਟੋਰ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਜੇਕਰ ਅਜਿਹਾ ਕੋਈ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਸ ਤੇ ਤੁਰੰਤ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਵੱਲੋਂ ਚਾਈਨਾ ਡੋਰ ਦੀ ਵਰਤੋਂ ਕੀਤੀ ਜਾਂਦੀ ਹੈ ਉਨ੍ਹਾਂ ਦੇ ਮਾਪਿਆਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ।