ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਕੀਤੀ ਸ਼ਰਧਾਂਜਲੀ ਭੇਟ
ਕੈਬਨਿਟ ਮੰਤਰੀ ਨੇ ਸ਼ਹੀਦਾਂ ਦੇ ਦਰਸਾਏ ਰਸਤਿਆਂ ਤੇ ਚੱਲਣ ਲਈ ਕੀਤਾ ਪ੍ਰੇਰਿਤ
ਕੈਂਟ ਬੋਰਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦਾ ਆਯੋਜਨ
ਫ਼ਿਰੋਜ਼ਪੁਰ, 26 ਜਨਵਰੀ, 2026 {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=
77ਵੇਂ ਗਣਤੰਤਰ ਦਿਵਸ ਮੌਕੇ ਕੈਂਟ ਬੋਰਡ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਦਿੱਤਾ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਤੋਂ ਸਲਾਮੀ ਲਈ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ ਜਿਸ ਤਹਿਤ ਪਿੰਡਾਂ ਦੇ ਵਿੱਚ ਸਕੂਲਾਂ ਦੇ ਨਾਮ ਸ਼ਹੀਦਾਂ ਦੇ ਨਾਮ ਤੇ ਰੱਖੇ ਜਾ ਰਹੇ ਹਨ। ਪੰਜਾਬ ਸਰਕਾਰ ਨੇ ਸਾਬਕਾ ਫੌਜੀਆਂ ਦੀ ਐਕਸ ਗਰੇਸ਼ੀਆਂ ਗ੍ਰਾਂਟ 50 ਲੱਖ ਤੋਂ ਵੱਧਾ ਦੇ 1 ਕਰੋੜ ਰੁਪਏ ਕੀਤੀ ਹੈ। ਇਸੇ ਤਰ੍ਹਾਂ ਆਜ਼ਾਦੀ ਘੁਲਾਈਆਂ ਦੀ ਪੈਨਸ਼ਨ ਵਧਾ ਕੇ 12 ਹਜ਼ਾਰ ਰੁਪਏ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬੱਚਿਆਂ ਨੂੰ ਆਪਣੀ ਮਹਾਨ ਵਿਰਾਸਤ ਨਾਲ ਜਾਣੂ ਕਰਵਾਉਣ ਲਈ ਤੱਤਪਰ ਹੈ ਜਿਸ ਤਹਿਤ ਸਰਕਾਰ ਵੱਲੋਂ ਗੁਰੂਆਂ ਨੂੰ ਸਮਰਪਿਤ ਵਿਸ਼ਵ ਪੱਧਰੀ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਫ਼ਿਰੋਜ਼ਪੁਰ ਵਿਚਖੇ ਵੀ ਸਾਰਾਗੜ੍ਹੀ ਜੰਗੀ ਮੈਮੋਰੀਅਲ ਬਣਾਇਆ ਗਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਵਿੱਚ ਵੱਡੇ ਕਦਮ ਚੁੱਕੇ ਗਏ ਹਨ। ਹਾਲ ਹੀ ਵਿੱਚ ਰਾਜ ਵਾਸੀਆਂ ਲਈ ਮੁੱਖ ਮੰਤਰੀ ਸਿਹਤ ਬੀਮਾ ਸਕੀਮ ਜਾਰੀ ਕੀਤੀ ਗਈ ਹੈ ਜਿਸ ਅਧੀਨ ਰਾਜ ਦੇ ਲੋਕਾਂ ਨੂੰ 10 ਲੱਖ ਰੁਪਏ ਦੇ ਇਲਾਜ ਦੀ ਸੁਵਿਧਾ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿੱਚ ਹੁਣ ਤੱਕ 880 ਤੋਂ ਵੱਧ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ਜਿੱਥੇ ਮੁਫ਼ਤ ਦਵਾਈਆਂ ਤੋਂ ਲੈ ਕੇ ਟੈਸਟ ਆਦਿ ਦੀਆਂ ਸੁਵਿਧਾਵਾਂ ਵੀ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਦੇ ਹੋਰ ਲੋਕ ਪੱਖੀ ਫੈਸਲਿਆਂ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਫ਼ਤ ਬਿਜਲੀ, ਨਹਿਰੀ ਪਾਣੀ, ਸਕੂਲ ਆਫ਼ ਐਮੀਨੈਂਸ਼, ਫਰਿਸ਼ਤੇ ਸਕੀਮ, ਸੜਕ ਸੁਰੱਖਿਆ ਫ਼ੋਰਸ, ਅਧਿਆਪਕਾਂ ਦੀ ਵਿਦੇਸ਼ਾਂ ਵਿੱਚ ਟ੍ਰੇਨਿੰਗ, ਆਂਗਣਵਾੜੀ ਸੈਂਟਰਾਂ ਦੀ ਅਪਗ੍ਰੇਡੇਸ਼ਨ, 60 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, ਬੱਚਿਆਂ ਦੀ ਸਕਾਲਸ਼ਿਪ ਸਕੀਮ, ਮਹਿਲਾਵਾਂ ਲਈ ਮੁਫ਼ ਬੱਸ ਸਫ਼ਰ ਆਦਿ ਪ੍ਰਾਪਤੀਆਂ ਬਾਰੇ ਦੱਸਿਆ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਜ਼ਿਲ੍ਹੇ ਦੇ ਵਿਧਾਇਕਾਂ ਅਤੇ ਅਧਿਕਾਰੀਆਂ ਸਮੇਤ ਹੁਸੈਨੀਵਾਲਾ ਸ਼ਹੀਦੀ ਸਮਾਰਕ ’ਤੇ ਸ਼ਹੀਦ-ਏ-ਆਜਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਸੁਤੰਤਰਤਾ ਸੰਗਰਾਮੀ ਬੀ.ਕੇ. ਦੱਤ ਤੇ ਰਾਜਮਾਤਾ ਦੀਆਂ ਸਮਾਰਕਾਂ ਤੇ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਅਸੀਂ ਅੱਜ ਆਜ਼ਾਦ ਦੇਸ਼ ਵਿੱਚ ਰਹਿ ਰਹੇ ਹਾਂ।ਇਸ ਮੌਕੇ ਉਨ੍ਹਾਂ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਨੂੰ ਵੀ ਸਿਜਦਾ ਕੀਤਾ ਅਤੇ ਸਮੂਹ ਦੇਸ਼ ਵਾਸੀਆਂ ਤੇ ਪੰਜਾਬ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਹਮੇਸ਼ਾ ਸਾਡੇ ਸ਼ਹੀਦਾਂ ਦੇ ਦਿਖਾਏ ਰਸਤੇ ’ਤੇ ਚੱਲਦੇ ਹੋਏ ਦੇਸ਼ ਭਗਤੀ ਦੀ ਭਾਵਨਾ ਨਾਲ ਦੇਸ਼ ਦੀ ਖੁਸ਼ਹਾਲੀ ਤੇ ਉੱਨਤੀ ਲਈ ਹਰ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਨੂੰ ਸਾਡੇ ਸ਼ਹੀਦਾਂ/ਆਜ਼ਾਦੀ ਘੁਲਾਟੀਆਂ ਵੱਲੋਂ ਭਾਰਤ ਦੇ ਭਵਿੱਖ ਦੇ ਬਾਰੇ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ ਉੱਤੇ ਝਾਤ ਮਾਰਨ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ। ਉਨ੍ਹਾਂ ਨੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ, ਅਜ਼ਾਦੀ ਘੁਲਾਟੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲਿਆਂ ਨੂੰ ਸਨਮਾਨਿਤ ਕੀਤਾ। ਇਸ ਉਪਰੰਤ ਰੈੱਡ ਕਰਾਸ ਦੇ ਸਹਿਯੋਗ ਨਾਲ ਜ਼ਰੂਰਤਮੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ ਗਈ।
ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਸਿਹਤ ਵਿਭਾਗ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ, ਬਾਗ਼ਬਾਨੀ ਵਿਭਾਗ, ਖੇਤੀਬਾੜੀ ਵਿਭਾਗ, ਪਸ਼ੂ ਪਾਲਣ ਤੇ ਮੱਛੀ ਪਾਲਣ, ਲੀਡ ਬੈਂਕ, ਜ਼ਿਲ੍ਹਾ ਉਦਯੋਗ ਕੇਂਦਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਮਾਜਿਕ ਸੁਰੱਖਿਆ ਤੇ ਮਹਿਲਾ ਤੇ ਬਾਲ ਵਿਕਾਸ ਅਤੇ ਨਗਰ ਕੌਂਸਲ ਵੱਲੋਂ ਸੁੰਦਰ ਝਾਕੀਆਂ ਪੇਸ਼ ਕੀਤੀਆਂ ਗਈਆਂ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਬੈਂਡ ਅਤੇ ਪੰਜਾਬ ਦੇ ਲੋਕ ਨਾਚ ਗਿੱਧਾ, ਭੰਗੜਾ ਅਤੇ ਸਭਿਆਚਾਰਕ ਦੇਸ਼ ਭਗਤੀ ਦਾ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੌਰਾਨ ਸਮੁੱਚੀ ਪ੍ਰੇਡ ਦੀ ਅਗਵਾਈ ਡੀ.ਐੱਸ.ਪੀ. ਕਰਨ ਸ਼ਰਮਾ ਵੱਲੋਂ ਕੀਤੀ ਗਈ।
ਇਸ ਸਮਾਗਮ ਵਿੱਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਕਮਿਸ਼ਨਰ ਫ਼ਿਰੋਜ਼ਪੁਰ ਮੰਡਲ ਸ੍ਰੀ ਅਰੁਣ ਸੇਖੜੀ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਸੁਮਿਤ ਮਲਹੋਤਰਾ, ਆਈ.ਜੀ. ਫ਼ਿਰੋਜ਼ਪੁਰ ਰਾਜਪਾਲ ਸਿੰਘ ਸੰਧੂ, ਬੀ.ਸੀ. ਕਮਿਸ਼ਨ ਦੇ ਚੇਅਰਮੈਨ ਡਾ. ਮਲਕੀਤ ਸਿੰਘ ਥਿੰਦ, ਪਲਾਨਿੰਗ ਬੋਰਡ ਦੇ ਚੇਅਰਮੈਨ ਹਰਜਿੰਦਰ ਸਿੰਘ ਘਾਂਗਾ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ, ਐੱਸ.ਡੀ.ਐੱਮ. ਫ਼ਿਰੋਜ਼ਪੁਰ ਸ੍ਰੀਮਤੀ ਲਿੰਦਿਆ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰਵਿੰਦ ਕੁਮਾਰ, ਸਹਾਇਕ ਕਮਿਸ਼ਨ ਰਾਜਬੀਰ ਸਿੰਘ ਸਮੇਤ ਜ਼ਿਲ੍ਹੇ ਦਾ ਸਮੂਹ ਵਿਭਾਗਾਂ ਦੇ ਮੁਖੀ, ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।



