
(ਪੰਜਾਬ) ਫਿਰੋਜ਼ਪੁਰ 20 ਜੂਨ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=
ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ, ਫਿਰੋਜ਼ਪੁਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਯੋਗ ਦੇ ਮਹੱਤਵ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਸਮਾਗਮ ਦੌਰਾਨ ਡਾ. ਹਰਜਿੰਦਰ ਸਿੰਘ (ਅਸਿਸਟੈਂਟ ਪ੍ਰੋਫੈਸਰ, ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਫਿਰੋਜ਼ਪੁਰ) ਆਪਣੀ ਪੂਰੀ ਟੀਮ ਸਮੇਤ ਵਿਸ਼ੇਸ਼ ਤੌਰ 'ਤੇ ਪਹੁੰਚੇ। ਉਨ੍ਹਾਂ ਨੇ ਹਾਜ਼ਰ ਸਾਰਿਆਂ ਨੂੰ ਵੱਖ-ਵੱਖ ਯੋਗ ਆਸਨ, ਪ੍ਰਾਣਾਯਾਮ, ਸੁਖਾਸਨ ਅਤੇ ਵੀਰਭਦਰਾਸਨ,ਆਦਿ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ। ਪੂਰੀ ਟੀਮ ਵੱਲੋ ਬਹੁਤ ਹੀ ਸੁਚੱਜੇ ਢੰਗ ਨਾਲ ਯੋਗ ਆਸਨ ਕਰਵਾ ਕੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਕਾਲਜ ਦੇ ਚੇਅਰਮੈਨ ਧਰਮਪਾਲ ਬਾਂਸਲ (ਚੈਅਰਮੈਨ ਹਾਰਮਨੀ ਵਨਿਅਮ,ਹਾਰਮਨੀ ਆਯੂਰਵੈਦਿਕ ਮੈਡੀਕਲ ਕਾਲਜ ਅਤੇ ਸੰਸਥਾਪਕ ਭਗਤੀ ਭਜਨ ਗਰੁੱਪ) ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਯੋਗ ਸਾਡੀ ਪ੍ਰਾਚੀਨ ਭਾਰਤੀ ਵਿਰਾਸਤ ਹੈ ਅਤੇ ਇਹ ਸਰੀਰਕ, ਮਾਨਸਿਕ ਅਤੇ ਆਤਮਿਕ ਤੰਦਰੁਸਤੀ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਵਿਅਸਤ ਜੀਵਨ ਵਿੱਚ ਤਣਾਅ ਅਤੇ ਬਿਮਾਰੀਆਂ ਤੋਂ ਬਚਣ ਲਈ ਹਰ ਵਿਅਕਤੀ ਨੂੰ ਰੋਜ਼ਾਨਾ ਯੋਗ ਅਤੇ ਕਸਰਤ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਿਯਮਿਤ ਤੌਰ 'ਤੇ ਯੋਗ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਿਹਤ ਹੀ ਸਭ ਤੋਂ ਵੱਡੀ ਦੌਲਤ ਹੈ ਅਤੇ ਤੰਦਰੁਸਤ ਸਰੀਰ ਵਿੱਚ ਹੀ ਤੰਦਰੁਸਤ ਮਨ ਵਸਦਾ ਹੈ।
ਡਾ. ਹਰਜਿੰਦਰ ਸਿੰਘ ਨੇ ਵੀ ਯੋਗ ਦੇ ਇਤਿਹਾਸ, ਮਹੱਤਤਾ ਅਤੇ ਇਸ ਨਾਲ ਹੋਣ ਵਾਲੇ ਸਿਹਤ ਲਾਭਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਯੋਗ ਕਰਨ ਨਾਲ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਵਧਦੀ ਹੈ, ਮਨ ਸ਼ਾਂਤ ਰਹਿੰਦਾ ਹੈ ਅਤੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾਅ ਹੁੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਹਰ ਰੋਜ਼ ਘੱਟੋ-ਘੱਟ 30 ਮਿੰਟ ਯੋਗ ਕਰਨ ਦੀ ਸਲਾਹ ਦਿੱਤੀ। ਸਮਾਗਮ ਦੇ ਅੰਤ ਵਿੱਚ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਵੱਲੋਂ ਆਈ ਹੋਈ ਪੂਰੀ ਟੀਮ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਪ੍ਰਸ਼ੰਸਾ ਪੱਤਰ ਭੇਟ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸੁਖਦੀਪ ਕੌਰ, ਡਾਂ ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ ਅਤੇ ਸਮੂਹ ਸਟਾਫ ਹਾਜਿਰ ਰਿਹਾ। ਸਮਾਗਮ ਬਹੁਤ ਹੀ ਸਫਲ ਰਿਹਾ ਅਤੇ ਇਸ ਨੇ ਵਿਦਿਆਰਥੀਆਂ ਵਿੱਚ ਯੋਗ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਸਿਹਤਮੰਦ ਜੀਵਨ ਜਿਉਣ ਦਾ ਸੰਦੇਸ਼ ਵੀ ਦਿੱਤਾ। ਸਮਾਪਤੀ ਸਮੇਂ ਸਾਰਿਆ ਨੂੰ ਪੌਸ਼ਟਿਕ ਖੁਰਾਕ ਦਿੱਤੀ ਗਈ।


