ਫ਼ਿਰੋਜ਼ਪੁਰ 27 ਜੁਲਾਈ ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ :-
ਪੰਜਾਬ ਭਰ ਦੇ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ਨੂੰ ਲੈ ਕੇ ਬੀ.ਐੱਡ ਅਧਿਆਪਕ ਫਰੰਟ, ਜ਼ਿਲਾ ਫਿਰੋਜ਼ਪੁਰ ਦੀ ਅਹਿਮ ਮੀਟਿੰਗ ਹੋਈ।ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆ ਸੂਬਾ ਕਮੇਟੀ ਮੈਂਬਰ ਪਰਮਜੀਤ ਸਿੰਘ ਪੰਮਾ ਨੇ ਦੱਸਿਆ ਕਿ 6ਵੇਂ ਤਨਖਾਹ ਕਮਿਸ਼ਨ ਵਿੱਚ ਊਣਤਾਈਆਂ ਨੂੰ ਲੈ ਕੇ ,ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਨੂੰ ਲੈ ਕੇ,ਕੱਚੇ ਅਧਿਆਪਕਾਂ ਨੂੰ ਬਿਨਾਂ ਸ਼ਰਤ ਪੱਕੇ ਕਰਨ,ਅਤੇ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ਨੂੰ ਲੈ ਕੇ ਸਮੇਂ ਦੀ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਈ ਪ੍ਰਕਾਰ ਦੇ ਵਾਅਦੇ ਕੀਤੇ ਗਏ ਸਨ,ਪਰ ਹੁਣ ਕਾਂਗਰਸ ਸਰਕਾਰ ਵਾਅਦਿਆਂ ਤੋਂ ਮੁੱਕਰ ਰਹੀ ਹੈ।ਇਸ ਮੌਕੇ ਆਗੂਆਂ ਨੇ ਕਿਹਾ ਕਿ 29 ਜੁਲਾਈ ਨੂੰ ਪਟਿਆਲਾ ਵਿਚ ਕੀਤੀ ਜਾ ਰਹੀ ਹੱਲਾ ਬੋਲ ਰੈਲੀ ਵਿੱਚ ਬੀ.ਐੱਡ ਅਧਿਆਪਕ ਫਰੰਟ ਦੇ ਅਧਿਆਪਕ ਸਾਥੀ ਵੱਡੀ ਪੱਧਰ ਤੇ ਸ਼ਮੂਲੀਅਤ ਕਰਨਗੇ ਅਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ। ਮੀਟਿੰਗ ਵਿੱਚ ਵਿਨੋਦ ਕੁਮਾਰ, ਗੁਰਵਿੰਦਰ ਸਿੰਘ, ਗੁਰਿੰਦਰ ਗੈਰੀ,ਸੁਰਿੰਦਰ ਕੰਬੋਜ, ਸੁਖਵਿੰਦਰ ਸਿੰਘ, ਸੰਦੀਪ ਸ਼ਰਮਾ,ਭੂਸ਼ਣ ਕੁਮਾਰ, ਕੁਲਦੀਪ ਸਿੰਘ, ਗੁਰਮੇਜ ਸਿੰਘ, ਜਤਿੰਦਰ ਸਿੰਘ, ਡਾਕਟਰ ਹਰਿੰਦਰ ਸਿੰਘ, ਇੰਦਰਪਾਲ ਸਿੰਘ, ਅਸ਼ੋਕ ਕੁਮਾਰ, ਕਪਿਲ ਕੁਮਾਰ ਆਦਿ ਅਧਿਆਪਕ ਹਾਜ਼ਰ ਸਨ।