Uncategorized
ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਭ ਦੀ ਸਾਂਝੀ ਜ਼ਿੰਮੇਵਾਰੀ–ਰਾਜਪਾਲ ਪੰਜਾਬ

ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਭ ਦੀ ਸਾਂਝੀ ਜ਼ਿੰਮੇਵਾਰੀ–ਰਾਜਪਾਲ ਪੰਜਾਬ
ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਫਿਰੋਜ਼ਪੁਰ ’ਚ ਕੱਢੀ ਗਈ ਨਸ਼ਿਆਂ ਵਿਰੁੱਧ ਵਿਸ਼ਾਲ ਪੈਦਲ ਯਾਤਰਾ
ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਨਸ਼ਾ ਮੁਕਤ ਪੰਜਾਬ ਦੇ ਸੰਕਲਪ ਨੂੰ ਦਿੱਤਾ ਨਵਾਂ ਜੋਸ਼
ਨਸ਼ਿਆਂ ਵਿਰੁੱਧ ਲੜਾਈ ਲਈ ਸਿੱਖਿਆ, ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਇਕਜੁੱਟ ਹੋਣ ਦਾ ਸੱਦਾ
ਫ਼ਿਰੋਜ਼ਪੁਰ, 10 ਫ਼ਰਵਰੀ ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}:=
ਪੰਜਾਬ ਨੂੰ ਨਸ਼ਾ ਮੁਕਤ ਅਤੇ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਨਾਲ ਮਾਨਯੋਗ ਰਾਜਪਾਲ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਵਿਸ਼ਾਲ ਪੈਦਲ ਯਾਤਰਾ ਸਾਰਗੜ੍ਹੀ ਗੁਰਦੁਆਰਾ ਸਾਹਿਬ ਤੋਂ ਸਕੂਲ ਆਫ਼ ਐਮੀਨੈਂਸ ਫ਼ਿਰੋਜ਼ਪੁਰ ਸ਼ਹਿਰ ਤੱਕ ਕੱਢੀ ਗਈ।
ਇਸ ਪੈਦਲ ਯਾਤਰਾ ਵਿੱਚ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸਮੇਤ, ਸੂਬੇ ਦੀਆਂ ਕਈ ਯੂਨਵਰਸਿਟੀਆਂ ਦੇ ਉਪਕੁਲਪਤੀ, ਸਕੂਲਾਂ ਅਤੇ ਕਾਲਜਾਂ ਦੇ ਮੁਖੀ, ਕਈ ਰਾਜਸੀ ਪਾਰਟੀਆਂ ਦੇ ਆਗੂ ਵੀ ਸ਼ਾਮਿਲ ਹੋਏ।
ਇਸ ਤੋਂ ਯਾਤਰਾ ਵਿੱਚ ਸੂਬੇ ਭਰ ਤੋਂ ਹਜ਼ਾਰਾਂ ਵਿਦਿਆਰਥੀਆਂ ਐਨ.ਜੀ.ਓਜ਼, ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਉੱਘੀਆਂ ਸ਼ਖ਼ਸੀਅਤਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਦਿਆਂ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੰਕਲਪ ਲਿਆ।
ਇਸ ਮੌਕੇ ਰਾਜਪਾਲ ਜੀ ਵੱਲੋਂ ਸਭ ਤੋਂ ਪਹਿਲਾਂ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਗੇੜ ਦੀ ਸ਼ੁਰੂਆਤ ਕੀਤੀ ਗਈ।
ਰਾਜਪਾਲ ਪੰਜਾਬ ਨੇ ਖ਼ੁਦ ਇਸ ਪੈਦਲ ਯਾਤਰਾ ਦੀ ਅਗਵਾਈ ਕਰਦਿਆਂ ਨਸ਼ਿਆਂ ਵਿਰੁੱਧ ਸੂਬੇ ਪੱਧਰ ’ਤੇ ਸਭ ਵਰਗਾਂ ਨੂੰ ਇਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਸਿਰਫ਼ ਵਿਅਕਤੀ ਦਾ ਹੀ ਨਹੀਂ ਸਗੋਂ ਪੂਰੇ ਸਮਾਜ ਦਾ ਭਾਰੀ ਨੁਕਸਾਨ ਹੁੰਦਾ ਹੈ, ਇਸ ਲਈ ਇਸ ਬੁਰਾਈ ਨੂੰ ਜੜੋਂ ਖਤਮ ਕਰਨ ਲਈ ਸਾਂਝੀ ਕੋਸ਼ਿਸ਼ ਲਾਜ਼ਮੀ ਹੈ।
ਯਾਤਰਾ ਉਪਰੰਤ ਸਕੂਲ ਆਫ਼ ਐਮੀਨੈਂਸ ਵਿਖੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਭ ਤੋਂ ਪਹਿਲਾਂ ਸਿੱਖਿਆ ਸੰਸਥਾਵਾਂ ਨੂੰ ਨਸ਼ਾ ਮੁਕਤ ਬਣਾਉਣ ਦੀ ਲੋੜ ਹੈ ਕਿਉਂਕਿ ਨੌਜਵਾਨੀ ਦੇ ਸਹੀ ਰਾਹ ’ਤੇ ਪੈਣ ਨਾਲ ਹੀ ਸੂਬੇ ਦਾ ਭਵਿੱਖ ਸੁਰੱਖਿਅਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਫੇਜ਼ ਵਾਈਜ਼ ਮੁਹਿੰਮ ਚਲਾਈ ਜਾ ਰਹੀ ਹੈ ਪਰ ਇਸ ਨੂੰ ਸਫਲ ਬਣਾਉਣ ਲਈ ਸਿੱਖਿਆ ਸੰਸਥਾਵਾਂ, ਧਾਰਮਿਕ ਸੰਸਥਾਵਾਂ, ਸਮਾਜਿਕ ਸੰਸਥਾਵਾਂ, ਰਾਜਨੀਤਿਕ ਪਾਰਟੀਆਂ, ਪੰਚਾਇਤਾਂ ਅਤੇ ਆਮ ਲੋਕਾਂ ਨੂੰ ਇਕੱਠੇ ਹੋ ਕੇ ਇਹ ਲੜਾਈ ਲੜਨੀ ਪਵੇਗੀ।
ਮਾਨਯੋਗ ਰਾਜਪਾਲ ਨੇ ਖ਼ਾਸ ਤੌਰ ’ਤੇ ਔਰਤਾਂ ਨੂੰ ਅੱਗੇ ਆ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦੀ ਅਗਵਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮਾਂ, ਭੈਣ ਅਤੇ ਧੀ ਦੇ ਰੂਪ ਵਿੱਚ ਔਰਤਾਂ ਸਮਾਜ ਨੂੰ ਸਹੀ ਦਿਸ਼ਾ ਦੇ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਗੁਰੂਆਂ ਦੇ ਬਲੀਦਾਨਾਂ ਤੋਂ ਸਿੱਖਿਆ ਲੈਣੀ ਚਾਹੀਦੀ ਹੈ। ਸਾਡੇ ਬਜ਼ੁਰਗਾਂ ਨੇ ਸਾਡੀ ਸੰਸਕ੍ਰਿਤੀ ਅਤੇ ਸ਼ਾਨ ਨੂੰ ਬਚਾਉਣ ਲਈ ਆਪਣੀਆਂ ਜਾਨਾਂ ਤੱਕ ਕੁਰਬਾਨ ਕਰ ਦਿੱਤੀਆਂ, ਤਾਂ ਕਿ ਅਸੀਂ ਇਕ ਛੋਟੀ ਜਿਹੀ ਨਸ਼ਿਆਂ ਦੀ ਅਲਾਮਤ ਨੂੰ ਖਤਮ ਨਹੀਂ ਕਰ ਸਕਦੇ? ਇਹ ਸਾਡਾ ਧਾਰਮਿਕ ਅਤੇ ਨੈਤਿਕ ਫ਼ਰਜ਼ ਬਣਦਾ ਹੈ ਕਿ ਅਸੀਂ ਇਸ ਬਿਮਾਰੀ ਨੂੰ ਜੜੋਂ ਮਿਟਾਈਏ।
ਉਨ੍ਹਾਂ ਕਿਹਾ ਕਿ ਸਾਡਾ ਗੁਆਂਢੀ ਦੁਸ਼ਮਣ ਦੇਸ਼ ਡਰੋਨਾਂ ਰਾਹੀਂ ਨਸ਼ਿਆਂ ਦੀ ਸਪਲਾਈ ਕਰਕੇ ਸਾਡੀ ਨੌਜਵਾਨ ਪੀੜ੍ਹੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਪਰ ਸਰਕਾਰ ਵੱਲੋਂ ਐਂਟੀ-ਡਰੋਨ ਸਿਸਟਮ ਸਮੇਤ ਕਈ ਕੜੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਇਸ ਸਾਜ਼ਿਸ਼ ਨੂੰ ਨਾਕਾਮ ਬਣਾਇਆ ਜਾ ਸਕੇ।
ਅੰਤ ਵਿੱਚ ਮਾਨਯੋਗ ਰਾਜਪਾਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਲੜਾਈ ਸਾਂਝੇ ਤੌਰ ’ਤੇ ਹੀ ਜਿੱਤੀ ਜਾ ਸਕਦੀ ਹੈ ਅਤੇ ਸਮੂਹ ਪੰਜਾਬ ਵਾਸੀਆਂ ਦੇ ਸਹਿਯੋਗ ਨਾਲ ਇਸ ਮਿਸ਼ਨ ਵਿੱਚ ਜਲਦੀ ਸਫਲਤਾ ਮਿਲੇਗੀ। ਸਮਾਗਮ ਦੇ ਅੰਤ ਵਿੱਚ ਰਾਜਪਾਲ ਜੀ ਵੱਲੋਂ ਲੋੜਵੰਦਾਂ ਨੂੰ ਕੰਬਲਾਂ ਦੀ ਵੰਡ ਕੀਤੀ ਗਈ।
ਇਸ ਮੌਕੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਵੀਪੀ ਸਿੰਘ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਡਾਇਰੈਕਟਰ ਜਨਗਣਨਾ ਸੰਚਾਲਨ ਲਲਿਤ ਜੈਨ, ਰੈੱਡ ਕਰਾਸ ਦੇ ਸਕੱਤਰ ਸ਼ਿਵ ਦੁਲਾਰ ਸਿੰਘ ਢਿੱਲੋਂ, ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ, ਐਸ.ਐਸ.ਪੀ. ਸ. ਭੁਪਿੰਦਰ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਜ.) ਡਾ. ਨਿਧੀ ਕੁਮੁਦ ਬੰਬਾਹ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਰਵਿੰਦ ਕੁਮਾਰ, ਐਸ.ਡੀ.ਐਮ. ਫ਼ਿਰੋਜ਼ਪੁਰ ਮੈਡਮ ਲਿੰਧੀਆ ਆਈ.ਏ.ਐਸ. (ਸਿਖਲਾਈ ਅਧੀਨ) , ਸਹਾਇਕ ਕਮਿਸ਼ਨਰ ਸ਼੍ਰੀ ਰਾਜਬੀਰ ਸਿੰਘ ਸਮੇਤ ਵੱਡੀ ਸਮੂਹ ਵਿਭਾਗਾਂ ਦੇ ਅਧਿਕਾਰੀ /ਕਰਮਚਾਰੀ, ਵੱਖ-ਵੱਖ ਐਨ.ਜੀ.ਓਜ਼, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸਿੱਖਿਆ ਸੰਸਥਾਵਾਂ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ ਆਦਿ ਹਾਜ਼ਰ ਸਨ।



