
(ਪੰਜਾਬ)ਫਿਰੋਜ਼ਪੁਰ, 03 ਸਤੰਬਰ {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=
ਲੋਕਤੰਤਰ ਦੀ ਮਜ਼ਬੂਤੀ ਵਿੱਚ ਨੌਜਵਾਨ ਵੋਟਰਾਂ ਦੀ ਸਰਗਰਮ ਭੂਮਿਕਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜੈਨੇਸਿਸ ਇੰਸਟੀਚਿਊਟ ਆਫ਼ ਡੈਂਟਲ ਸਾਇੰਸਿਜ਼, ਫਿਰੋਜ਼ਪੁਰ ਵਿਖੇ ELC ਕਲੱਬ ਵੱਲੋਂ SVEEP ਜਾਗਰੂਕਤਾ ਪ੍ਰੋਗਰਾਮ ਅਤੇ ਵੋਟਰ ਰਜਿਸਟ੍ਰੇਸ਼ਨ ਕੈਂਪ ਕਰਵਾਇਆ ਗਿਆ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ, ਆਈ.ਏ.ਐੱਸ. ਅਤੇ ਉਚੇਰੀ ਸਿੱਖਿਆ ਵਿਭਾਗ, ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਇਹ ਰਜਿਸਟਰੇਸ਼ਨ ਕੈਂਪ ਆਯੋਜਿਤ ਕੀਤਾ ਗਿਆ ।
ਇਸ ਕੈਂਪ ਨੂੰ ਵਿਦਿਆਰਥੀਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ।
ਪ੍ਰੋਗਰਾਮ ਦੌਰਾਨ 180 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵੋਟਰ ਰਜਿਸਟ੍ਰੇਸ਼ਨ, SIR ਅਤੇ ਡਿਜੀਟਲ ਵੋਟਰ ਸੇਵਾਵਾਂ ਸਬੰਧੀ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ।
ਪ੍ਰੋਗਰਾਮ ਕਮਲ ਸ਼ਰਮਾ, SVEEP ਨੋਡਲ ਅਫ਼ਸਰ, 77-ਫਿਰੋਜ਼ਪੁਰ ਦਿਹਾਤੀ, ਸ਼. ਲਖਵਿੰਦਰ ਸਿੰਘ, SVEEP ਨੋਡਲ ਅਫ਼ਸਰ, 76-ਫਿਰੋਜ਼ਪੁਰ ਸ਼ਹਿਰੀ ਅਤੇ ਸ਼. ਚਰਨਜੀਤ ਸਿੰਘ ਚਾਹਲ, ਸਹਾਇਕ SVEEP ਕੋਆਰਡੀਨੇਟਰ ਦੇ ਸਹਿਯੋਗ ਅਤੇ ਅਗਵਾਈ ਹੇਠ ਕਰਵਾਇਆ ਗਿਆ।
ਇਸ ਮੌਕੇ ਕਮਲ ਸ਼ਰਮਾ ਨੇ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ, SIR, ਵੋਟਰ ਵੇਰਵਿਆਂ ਵਿੱਚ ਸੋਧ ਤੇ ਅਪਡੇਸ਼ਨ, ਪਤਾ ਬਦਲਣ, ਅਰਜ਼ੀ ਦੀ ਸਥਿਤੀ ਅਤੇ ਭਾਰਤ ਚੋਣ ਕਮਿਸ਼ਨ ਦੀਆਂ ਵੱਖ-ਵੱਖ ਡਿਜੀਟਲ ਵੋਟਰ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਮਹੱਤਤਾ ਸਮਝਦਿਆਂ ਜ਼ਿੰਮੇਵਾਰ ਨਾਗਰਿਕ ਬਣਨ ਦਾ ਸੱਦਾ ਦਿੱਤਾ।
ਸ਼. ਲਖਵਿੰਦਰ ਸਿੰਘ, SVEEP ਨੋਡਲ ਅਫ਼ਸਰ, 76-ਫਿਰੋਜ਼ਪੁਰ ਸ਼ਹਿਰੀ, ਨੇ SIR, ਵੋਟਰ ਅਧਿਕਾਰਾਂ ਅਤੇ ਚੋਣ ਪ੍ਰਕਿਰਿਆ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਅਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਲੋਕਤੰਤਰਿਕ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ।
ਸੈਕਟਰ ਸੁਪਰਵਾਈਜ਼ਰ ਸ਼. ਸੰਦੀਪ ਕੁਮਾਰ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵੋਟਰ ਰਜਿਸਟ੍ਰੇਸ਼ਨ ਪ੍ਰਕਿਰਿਆ, ਵੋਟਰ ਸੂਚੀ ਵਿੱਚ ਆਪਣੇ ਵੇਰਵਿਆਂ ਦੀ ਜਾਂਚ ਅਤੇ ਚੋਣਾਂ ਨਾਲ ਸਬੰਧਤ ਜ਼ਰੂਰੀ ਜਾਣਕਾਰੀ ਸਾਂਝੀ ਕੀਤੀ।
ਵਿਦਿਆਰਥੀਆਂ ਨੂੰ ECINET ਐਪ ਅਤੇ ECI ਵੋਟਰ ਪੋਰਟਲ ਦੀ ਲਾਈਵ ਡੈਮੋ ਰਾਹੀਂ ਵਰਤੋਂ ਬਾਰੇ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਵੋਟਰ ਰਜਿਸਟ੍ਰੇਸ਼ਨ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਮੌਕੇ ’ਤੇ ਰਜਿਸਟ੍ਰੇਸ਼ਨ ਅਤੇ ਵੋਟਰ ਵੇਰਵਿਆਂ ਵਿੱਚ ਅਪਡੇਸ਼ਨ ਸਬੰਧੀ ਸਹਾਇਤਾ ਪ੍ਰਦਾਨ ਕੀਤੀ ਗਈ। ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦੇਣ ਲਈ ਇੰਟਰਐਕਟਿਵ ਪ੍ਰਸ਼ਨੋਤਰੀ ਸੈਸ਼ਨ ਵੀ ਕਰਵਾਇਆ ਗਿਆ।
ਇਸ ਮੌਕੇ ਜੈਨੇਸਿਸ ਇੰਸਟੀਚਿਊਟ ਆਫ਼ ਡੈਂਟਲ ਸਾਇੰਸਿਜ਼ ਦੇ ਚੇਅਰਮੈਨ CA ਵਰਿੰਦਰ ਮੋਹਨ ਸਿੰਗਲ, ਵਾਈਸ ਪ੍ਰਿੰਸੀਪਲ ਡਾ. ਗੌਰਵ ਗੋਇਲ ਅਤੇ ਡਾਇਰੈਕਟਰ ਐਡਮਿਨਿਸਟ੍ਰੇਸ਼ਨ ਕਰਨਲ ਬੀ.ਐਸ. ਰੰਧਾਵਾ ਵੱਲੋਂ ਪ੍ਰੋਗਰਾਮ ਨੂੰ ਪੂਰਾ ਸਹਿਯੋਗ ਦਿੱਤਾ ਗਿਆ। ਸੰਸਥਾ ਦੇ ਪ੍ਰਬੰਧਕਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਜਾਗਰੂਕ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ।
180 ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਨਾਲ ਇਹ ਪ੍ਰੋਗਰਾਮ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਨਾਲ ਜੋੜਨ ਅਤੇ ਉਨ੍ਹਾਂ ਨੂੰ ਜਾਗਰੂਕ ਤੇ ਡਿਜੀਟਲ ਤੌਰ ’ਤੇ ਸਮਰੱਥ ਵੋਟਰ ਬਣਾਉਣ ਵੱਲ ਇੱਕ ਸਾਰਥਕ ਕਦਮ ਸਾਬਤ ਹੋਇਆ।


